ਖ਼ਬਰਿਸਤਾਨ ਨੈੱਟਵਰਕ - ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਵਿੱਚ ਬੈਠ ਕੇ ਬਣਾਈ ਗਈ ਸੀ ਅਤੇ ਸਾਫ਼ ਹੈ ਕਿ ਜਿਸ ਤਰ੍ਹਾਂ ਦੀ ਨੀਤੀ ਦਿੱਲੀ ਲਈ ਬਣਾਈ ਗਈ ਸੀ, ਉਸੇ ਤਰ੍ਹਾਂ ਦੀ ਨੀਤੀ ਪੰਜਾਬ ਲਈ ਬਣਾਈ ਗਈ ਹੋਵੇਗੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ ਵੱਲੋਂ ਨਾਮਜ਼ਦ ਕੀਤੇ ਜਾਣ ’ਤੇ ਉਨ੍ਹਾਂ ਕਿਹਾ ਕਿ ਜੇਕਰ ਸ਼ਰਾਬ ਨੀਤੀ ਵਿੱਚ ਕੋਈ ਗਲਤੀ ਨਹੀਂ ਸੀ ਤਾਂ ਦਿੱਲੀ ਸਰਕਾਰ ਨੇ ਇਹ ਨੀਤੀ ਵਾਪਸ ਕਿਉਂ ਲਈ। ਉਨ੍ਹਾਂ ਕਿਹਾ ਕਿ ਉੱਚ ਜਾਂਚ ਕਰਵਾ ਕੇ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਮਜੀਠੀਆ ਨੇ ਇਹ ਵੀ ਦੋਸ਼ ਲਾਇਆ ਕਿ ਚੰਨੀ ਸਰਕਾਰ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ 1000 ਕਰੋੜ ਰੁਪਏ ਦਾ ਘਪਲਾ ਹੋਇਆ ਅਤੇ ਇਹ ਪੈਸਾ ਦਿੱਲੀ ਵਿੱਚ ਟਰਾਂਸਫਰ ਕੀਤਾ ਗਿਆ। ਖੁਰਾਕ ਤੇ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਬਰਖਾਸਤ ਕਰਨ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਦਾ ਪਰਦਾਫਾਸ਼ 2020 ਵਿੱਚ ਕੀਤਾ ਸੀ। ਉਸ ਨੇ ਕਿਹਾ ਸੀ ਕਿ ਸਿੰਗਲਾ ਕੋਲ ਵਿਦੇਸ਼ੀ ਨਾਗਰਿਕਤਾ ਹੈ, ਉਹ ਵਿਦੇਸ਼ ਭੱਜ ਜਾਵੇਗਾ, ਪਰ ਇਸ ਦੇ ਬਾਵਜੂਦ ਉਸ ਨੂੰ ਹਟਾਇਆ ਨਹੀਂ ਗਿਆ, ਸਗੋਂ ਤਰੱਕੀ ਦਿੱਤੀ ਗਈ।